|
ਯੂਰਪੀ ਯੂਨੀਅਨ ਦੇ ਪਾਰਲੀਮੈਂਟ ਮੈਂਬਰ ਨੇ ਮਾਰਿਆ ਮਨੁੱਖੀ ਅਧਿਕਾਰਾਂ ‘ਤੇ ਦੋਹਰੇ ਮਾਪਦੰਡ ਅਪਣਾਉਣ ਵਾਲਿਆਂ ਨੂੰ ਤਾਅਨਾ |
|
Monday, 21 April 2008 |
ਅੰਮ੍ਰਿਤਸਰ- ਯੂਰਪੀਅਨ ਪਾਰਲੀਮੈਂਟ ਦੇ ਮੈਂਬਰ ਸ੍ਰੀ. ਗੋਡਫਰੇਅ ਬਲੂਮ ਨੇ ਮਨੁੱਖੀ ਹੱਕਾਂ ਬਾਰੇ ਦੋਹਰੇ ਮਾਪਦੰਡਾਂ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੁਨੀਆ ਦੇ ਹਰੇਕ ਬਾਸ਼ਿੰਦੇ ਨੂੰ ਸਵੈ ਨਿਰਣੇ ਦਾ ਹੱਕ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲ ਤੋਂ ਭਾਰਤੀ ਜੇਲ੍ਹ ਵਿੱਚ ਬੰਦ ਬ੍ਰਿਟਿਸ਼ ਨਾਗਰਿਕ ਪਰਮਜੀਤ ਸਿੰਘ ਢਾਡੀ ਦਾ ਮਾਮਲਾ ਉਹ ਯੂਰਪੀਅਨ ਪਾਰਲੀਮੈਂਟ ਵਿੱਚ ਉਠਾਉਣਗੇ। ਸ੍ਰੀ ਬਲੂਮ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਸ੍ਰੀ ਬਲੂਮ ਸਿੱਖ ਫੈਡਰੇਸ਼ਨ ਯੂ.ਕੇ, ਖਾਲਸਾ ਐਕਸ਼ਨ ਕਮੇਟੀ ਦੇ ਕਨਵੀਨਰ ਭਾਈ ਮੋਹਕਮ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਲ ਖਾਲਸਾ ਦੇ ਭਾਈ ਕਵਰਪਾਲ ਸਿੰਘ ਬਿੱਟੂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ੍ਰ. ਹਰਿੰਦਰ ਸਿੰਘ ਨਾਰਵੇ ਅਤੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਦੀ ਪਹਿਲ ਕਦਮੀ ਨਾਲ ਵਿਸ਼ੇਸ਼ ਤੌਰ ਤੇ ਪੰਜਾਬ ਦੇ ਦੌਰੇ ਤੇ ਆਏ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਸ੍ਰੀ ਬਲੂਮ ਨੇ 1984 ਦੇ ਸਿੱਖ ਦੰਗਿਆਂ ਅਤੇ ਉਸ ਤੋਂ ਬਾਅਦ ਪੰਜਾਬ ਵਿੱਚ ਪੁਲਿਸ ਵੱਲੋਂ ਝੂਠੇ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦਾ ਮਾਮਲਾ ਯੂ.ਐਨ.ਓ. ਵਿੱਚ ਵੀ ਉਠਾਇਆ ਸੀ। ਸ੍ਰੀ ਬਲੂਮ ਨੇ ਕਿਹਾ ਕਿ ਇੱਕ ਪਾਸੇ ਭਾਰਤ ਦਾ ਵਿਦੇਸ਼ ਮੰਤਰੀ ਸ੍ਰੀ. ਪ੍ਰਣਾਬ ਮੁਖਰਜੀ ਪਾਕਿਸਤਾਨੀ ਜੇਲ੍ਹ ਵਿੱਚ ਬੰਦ ਸਰਬਜੀਤ ਸਿੰਘ ਨੂੰ ਰਿਹਾਅ ਕਰਨ ਦੀ ਗੱਲ ਕਰਦੇ ਹਨ ਜਦ ਕਿ ਦੂਜੇ ਪਾਸੇ ਪਿਛਲੇ ਕਾਫੀ ਸਮੇਂ ਤੋਂ ਭਾਰਤ ਦੀ ਜੇਲ੍ਹ ਵਿੱਚ ਬੰਦ ਬ੍ਰਿਟਿਸ਼ ਨਾਗਰਿਕ ਪਰਮਜੀਤ ਸਿੰਘ ਢਾਡੀ, ਫਾਂਸੀ ਦੀ ਸਜਾ ਪ੍ਰਾਪਤ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਹੋਰ ਕੈਦੀਆਂ ਬਾਰੇ ਦੋਹਰੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਵਾਸਤੇ ਦੋਹਰੇ ਮਾਪਦੰਡ ਨਹੀਂ ਅਪਣਾਏ ਜਾਣੇ ਚਾਹੀਦੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਵੈ ਨਿਰਣੇ ਦਾ ਹੱਕ ਸਮੁੱਚੀ ਦੁਨੀਆ ਦੇ ਬਾਸ਼ਿੰਦਿਆਂ ਨੂੰ ਹੋਣਾ ਚਾਹੀਦਾ ਹੈ। ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਨੂੰ ਦਸਤਾਰ ਦੇ ਮਾਮਲੇ ਵਿੱਚ ਪਰੇਸ਼ਾਨੀਆਂ ਦਾ ਸਾਹਮਣਾ ਕਰਨ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਬਲੂਮ ਨੇ ਕਿਹਾ ਕਿ ਕੁਝ ਮੁਲਕਾਂ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਦਸਤਾਰ ਸਜਾਉਣ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਮੂਲ ਜੜ੍ਹ ਆਮ ਲੋਕਾਂ ਵਿੱਚ ਦਸਤਾਰ ਸਬੰਧੀ ਜਾਣਕਾਰੀ ਦੀ ਘਾਟ ਹੋਣਾ ਹੈ।
|